

NHAI ਤੋਂ ਮਨਜ਼ੂਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਭੇਜੀ ਪ੍ਰਸਤਾਵ ਰਿਪੋਰਟ, ਲਗਭਗ 1.21 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਪੁਲ
ਡੀਸੀ ਆਕਾਸ਼ ਬਾਂਸਲ ਨੇ ਕਿਹਾ—ਮਨਜ਼ੂਰੀ ਮਿਲਦੇ ਹੀ ਸ਼ੁਰੂ ਕਰਵਾਇਆ ਜਾਵੇਗਾ ਨਿਰਮਾਣ ਕਾਰਜ
ਕਪੂਰਥਲਾ। ਜਲੰਧਰ-ਕਪੂਰਥਲਾ ਰੋਡ ’ਤੇ ਸਥਿਤ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (IKG-PTU) ਦੇ ਬਾਹਰ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੀ ਤਰਜ਼ ’ਤੇ ਫੁੱਟ ਓਵਰਬ੍ਰਿਜ (FOB) ਬਣਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਤੋਂ ਮਨਜ਼ੂਰੀ ਲੈਣ ਲਈ ਪ੍ਰਸਤਾਵ ਰਿਪੋਰਟ ਭੇਜ ਦਿੱਤੀ ਗਈ ਹੈ। ਇਸ ਪ੍ਰੋਜੈਕਟ ’ਤੇ ਲਗਭਗ 1.21 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ।

-ਵਿਦਿਆਰਥੀਆਂ ਅਤੇ ਮਾਪਿਆਂ ਦੀ ਸ਼ਿਕਾਇਤ ’ਤੇ ਉੱਠਿਆ ਸੀ ਮਾਮਲਾ-
IKG-PTU ਦੇ ਬਾਹਰ ਫੁੱਟ ਓਵਰਬ੍ਰਿਜ ਬਣਾਉਣ ਦਾ ਮੁੱਦਾ ਜ਼ਿਲ੍ਹਾ ਚੇਅਰਮੈਨ ਟਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਕੰਵਰ ਇਕਬਾਲ ਸਿੰਘ ਵੱਲੋਂ ਉਠਾਇਆ ਗਿਆ ਸੀ। ਦੱਸਿਆ ਗਿਆ ਹੈ ਕਿ PTU ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਇਸ ਸਬੰਧੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੜਕ ਪਾਰ ਕਰਨ ਦੀ ਸਮੱਸਿਆ ਦਾ ਮਾਮਲਾ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ।
ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਟ ਓਵਰਬ੍ਰਿਜ ਦੇ ਨਿਰਮਾਣ ਲਈ ਅਗਲੀ ਕਾਰਵਾਈ ਕੀਤੀ ਗਈ ਅਤੇ NHAI ਤੋਂ ਮਨਜ਼ੂਰੀ ਲੈਣ ਲਈ ਪ੍ਰਸਤਾਵ ਭੇਜਿਆ ਗਿਆ ਹੈ। ਕੰਵਰ ਇਕਬਾਲ ਸਿੰਘ ਨੇ ਦੱਸਿਆ ਕਿ FOB ਸੰਬੰਧੀ ਪ੍ਰਸਤਾਵ ਰਿਪੋਰਟ NHAI ਨੂੰ ਭੇਜੇ ਇਕ ਮਹੀਨਾ ਹੋ ਚੁੱਕਾ ਹੈ। ਇਸਦੀ ਜਲਦ ਮਨਜੂਰੀ ਲਈ ਟਰੇਡਰਜ਼ ਕਮਿਸ਼ਨ ਦੇ ਸਟੇਟ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।

-ਮਨਜ਼ੂਰੀ ਮਿਲਣ ਤੋਂ ਬਾਅਦ ਸ਼ੁਰੂ ਹੋਵੇਗਾ ਕੰਮ-
ਲਗਭਗ 1.21 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ। ਫੁੱਟ ਓਵਰਬ੍ਰਿਜ ਬਣਨ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਰਾਹਗੀਰਾਂ ਨੂੰ ਸੜਕ ਪਾਰ ਕਰਨ ਲਈ ਇੱਕ ਸੁਰੱਖਿਅਤ ਵਿਕਲਪ ਮਿਲੇਗਾ।
ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ NHAI ਤੋਂ ਲੋੜੀਂਦੀ ਮਨਜ਼ੂਰੀ ਮਿਲਣ ਤੋਂ ਬਾਅਦ ਫੁੱਟ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਪੁਲ ਦੇ ਬਣਨ ਨਾਲ IKG-PTU ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਉੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਸੜਕ ਪਾਰ ਕਰਨ ਵਿੱਚ ਸਹੂਲਤ ਮਿਲੇਗੀ। ਇਸ ਨਾਲ ਸੜਕ ਪਾਰ ਕਰਦੇ ਸਮੇਂ ਹੋਣ ਵਾਲੇ ਸੰਭਾਵਿਤ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਵਿੱਚ ਵੀ ਮਦਦ ਮਿਲਣ ਦੀ ਉਮੀਦ ਹੈ।

