

ਕਪੂਰਥਲਾ, 19 ਅਕਤੂਬਰ, 2026:ਸ਼੍ਰੀਮਤੀ ਕਮਲਪ੍ਰੀਤ ਕੌਰ ਬਰਾੜ, ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ; ਸ਼੍ਰੀ ਆਕਾਸ਼ ਬਾਂਸਲ, ਡਿਪਟੀ ਕਮਿਸ਼ਨਰ, ਕਪੂਰਥਲਾ; ਅਤੇ ਡਾ. ਰਾਜੀਵ ਪਰਾਸ਼ਰ, ਸਿਵਲ ਸਰਜਨ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ (ਫੂਡ) ਸ਼੍ਰੀ ਹਰਜੋਤ ਪਾਲ ਸਿੰਘ ਦੀ ਨਿਗਰਾਨੀ ਹੇਠ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।

ਮਿਤੀ 19 ਅਕਤੂਬਰ, 2026 ਨੂੰ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਮਠਿਆਈਆਂ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਲਈ ਰਸਗੁੱਲਾ, ਚਮ ਚਮ, ਮਿਲਕ ਕੇਕ ਅਤੇ ਕਲਾਕੰਦ ਦੇ ਕੁੱਲ 04 ਸੈਂਪਲ ਲਏ ਗਏ।
ਜਾਂਚ ਦੌਰਾਨ ਲਏ ਗਏ ਸਾਰੇ ਸੈਂਪਲ ਨਿਰਧਾਰਤ ਪ੍ਰਕਿਰਿਆ ਅਨੁਸਾਰ ਵਿਸ਼ਲੇਸ਼ਣ ਅਤੇ ਰਿਪੋਰਟ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜ ਦਿੱਤੇ ਗਏ ਹਨ। ਲੈਬਾਰਟਰੀ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਫੂਡ ਸੇਫਟੀ ਵਿੰਗ ਵੱਲੋਂ ਮਠਿਆਈਆਂ ਦੇ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਧ ਪਦਾਰਥਾਂ ਦੀ ਤਿਆਰੀ, ਸਟੋਰੇਜ ਅਤੇ ਵਿਕਰੀ ਦੌਰਾਨ ਨਿਰਧਾਰਤ ਫੂਡ ਸੇਫਟੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ Good Manufacturing Practices (GMP) ਅਤੇ Good Hygiene Practices (GHP) ਨੂੰ ਯਕੀਨੀ ਬਣਾਉਣ। ਇਸ ਦੇ ਨਾਲ ਹੀ, ਖਪਤਕਾਰਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਦੀ ਅਪੀਲ ਵੀ ਕੀਤੀ ਗਈ।

ਫੂਡ ਸੇਫਟੀ ਵਿੰਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ। ਨਿਯਮਾਂ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ Food Safety and Standards Act, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਤੇ ਵਿਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਜਾਂਚ ਮੁਹਿੰਮ ਦੌਰਾਨ ਸ਼੍ਰੀ ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ), ਅਤੇ ਸ਼੍ਰੀਮਤੀ ਮਹਿਕ ਸੈਣੀ, ਫੂਡ ਸੇਫਟੀ ਅਫ਼ਸਰ, ਕਪੂਰਥਲਾ ਸ਼ਾਮਲ ਸਨ।

