ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨ ਕਪੂਰਥਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ

-ਐਸ.ਪੀ. ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ ਸਮਾਗਮ; ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ, ਮੁਸ਼ਕਿਲਾਂ ਸੁਣੀਆਂ

ਕਪੂਰਥਲਾ, 21 ਅਕਤੂਬਰ: ਕਪੂਰਥਲਾ ਪੁਲਿਸ ਵੱਲੋਂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਸੇਵਾ ਅਤੇ ਇਸ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

ਐਸ.ਪੀ. ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਨੇ ਸਮਾਗਮ ਦੀ ਅਗਵਾਈ ਕਰਦਿਆਂ ਪੰਜਾਬ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਹ ਦਿਨ ਹਰ ਸਾਲ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪ੍ਰਿੰਗਜ਼ ਵਿਖੇ ਚੀਨੀ ਟੁਕੜੀ ਦਾ ਸਾਹਮਣਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸੀ.ਆਰ.ਪੀ.ਐਫ. ਦੇ ਜਵਾਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐਸ.ਪੀ. ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਅੱਜ ਲੋਕ ਜੋ ਸ਼ਾਂਤਮਈ ਮਾਹੌਲ ਦਾ ਆਨੰਦ ਮਾਣ ਰਹੇ ਹਨ, ਉਹ ਸ਼ਹੀਦਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਅੱਤਵਾਦ ਦਾ ਖਾਤਮਾ ਕਰਨ ਅਤੇ ਹੋਰ ਅੰਦਰੂਨੀ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਾਂਤੀ ਅਤੇ ਚੁਣੌਤੀਪੂਰਨ ਦੋਵਾਂ ਸਮਿਆਂ ਵਿੱਚ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਨ ਵਾਲੀ ਇੱਕ ਮਿਸਾਲੀ ਫੋਰਸ ਵਜੋਂ ਉੱਭਰੀ ਹੈ। ਅਮਨ-ਕਾਨੂੰਨ ਅਤੇ ਅੰਦਰੂਨੀ ਸੁਰੱਖਿਆ ਨੂੰ ਬਣਾਏ ਰੱਖਣ ਵਿੱਚ ਫੋਰਸ ਦੀ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਸਰਹੱਦੀ ਰਾਜ ਦੀ ਸੇਵਾ ਸਮਰਪਣ, ਦਲੇਰੀ ਅਤੇ ਬਹਾਦਰੀ ਨਾਲ ਕਰਨ ਦੀ ਫੋਰਸ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਮੌਕੇ ਏ.ਡੀ.ਸੀ. ਸ਼ਿਖਾ ਭਗਤ, ਡੀ.ਐਸ.ਪੀ. ਮੇਜਰ ਡਾ. ਸ਼ੀਤਲ ਸਿੰਘ, ਡੀ.ਐਸ.ਪੀ. ਪਲਵਿੰਦਰ ਸਿੰਘ, ਇੰਸਪੈਕਟਰ ਸੋਨਮਦੀਪ ਕੌਰ, ਇੰਸਪੈਕਟਰ ਅਮਨਦੀਪ ਕੌਰ, ਇੰਸਪੈਕਟਰ ਮਨਦੀਪ ਕੌਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

ਅਧਿਕਾਰੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਕਪੂਰਥਲਾ ਪੁਲਿਸ ਸ਼ਹੀਦ ਪਰਿਵਾਰਾਂ ਨਾਲ ਚਟਾਨ ਵਾਂਗ ਡਟ ਕੇ ਖੜ੍ਹੀ ਰਹੇਗੀ ਅਤੇ ਹਰ ਸੰਭਵ ਸਹਾਇਤਾ ਕਰੇਗੀ।

ਇਸ ਮੌਕੇ ਬੀਤੇ ਇੱਕ ਸਾਲ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਜਵਾਨਾਂ ਦੇ ਨਾਮ ਵੀ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਦੇ ਸਤਿਕਾਰ ਵਿੱਚ ਪੜ੍ਹ ਕੇ ਸੁਣਾਏ ਗਏ। ਸਮਾਗਮ ਦੌਰਾਨ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Leave a Reply

Your email address will not be published. Required fields are marked *