-ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਸਕੂਲ-ਵਾਰ ਵੇਰਵੇ ਅਪਲੋਡ
ਕਪੂਰਥਲਾ, 25 ਸਤੰਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹੇ ਦੇ ਰਾਈਟ ਟੂ ਐਜੂਕੇਸ਼ਨ (ਆਰ.ਟੀ.ਈ.) ਐਕਟ, 2009 ਦੇ ਦਾਇਰੇ ਵਿੱਚ ਆਉਂਦੇ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਕਲਾਸ ਪਹਿਲੀ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਵੰਚਿਤ ਵਰਗਾਂ ਨਾਲ ਸਬੰਧਤ ਬੱਚਿਆਂ ਲਈ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਅਤੇ ਐਕਟ ਦੀਆਂ ਵਿਵਸਥਾਵਾਂ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰ.ਟੀ.ਈ. ਐਕਟ ਦੇ ਦਾਇਰੇ ਵਿੱਚ ਆਉਂਦੇ ਸਾਰੇ ਸਕੂਲਾਂ ਲਈ ਯੋਗ ਕਮਜ਼ੋਰ ਅਤੇ ਵੰਚਿਤ ਵਰਗਾਂ ਦੇ ਬੱਚਿਆਂ ਵਾਸਤੇ ਕਲਾਸ ਪਹਿਲੀ ਦੀਆਂ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਨਿੱਜੀ ਸਕੂਲਾਂ ਵਿੱਚ 25 ਫੀਸਦੀ ਕੋਟੇ ਅਧੀਨ ਉਪਲਬਧ ਸੀਟਾਂ ਸਬੰਧੀ ਸਕੂਲ-ਵਾਰ ਜਾਣਕਾਰੀ Kapurthala.gov.in ’ਤੇ ਪਹਿਲਾਂ ਹੀ ਅਪਲੋਡ ਕੀਤੀ ਜਾ ਚੁੱਕੀ ਹੈ, ਤਾਂ ਜੋ ਮਾਪੇ ਸੀਟਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਪੋਰਟਲ ਖੁੱਲ੍ਹਣ ਉਪਰੰਤ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਸਕਣ।
ਉਨ੍ਹਾਂ ਕਿਹਾ ਕਿ ਸਿੱਖਿਆ ਅਧਿਕਾਰੀਆਂ ਨੂੰ ਆਰ.ਟੀ.ਈ. ਐਕਟ ਤਹਿਤ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਦੀ ਵਿਵਸਥਾ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 25 ਫੀਸਦੀ ਸੀਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਮੁਸ਼ਕਲ ਜਾਂ ਸ਼ਿਕਾਇਤ ਲਈ ਮਾਪੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੈਲਪਲਾਈਨ ਨੰਬਰ 01822-233777 ਜਾਂ ਈ-ਮੇਲ dc.kpr@punjab.gov.in ਰਾਹੀਂ ਸਿੱਧਾ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਆਰ.ਟੀ.ਈ. ਐਕਟ ਦੀਆਂ ਵਿਵਸਥਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਸਾਰੇ ਸਬੰਧਤ ਸਕੂਲਾਂ ਤੋਂ ਪਾਲਣਾ ਰਿਪੋਰਟਾਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਆਰ.ਟੀ.ਈ. ਐਕਟ ਦੇ ਦਾਇਰੇ ਵਿੱਚ ਆਉਂਦੇ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਅਤੇ ਯੋਗ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਕਾਨੂੰਨੀ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਕਿਸੇ ਵੀ ਸਕੂਲ ਵੱਲੋਂ ਆਰ.ਟੀ.ਈ. ਐਕਟ ਦੀ ਉਲੰਘਣਾ ਕਰਨ ਜਾਂ ਇਸ ਦੀਆਂ ਵਿਵਸਥਾਵਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਲਾਗੂ ਨਿਯਮਾਂ ਅਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਉਚਿਤ ਕਾਰਵਾਈ ਕੀਤੀ ਜਾਵੇਗੀ।

