ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

-ਕਿਸਾਨਾਂ ਨੂੰ 17 ਫੀਸਦੀ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਸ਼ਹੀਦ ਭਗਤ ਸਿੰਘ ਨਗਰ, 25 ਸਤੰਬਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸੀਜ਼ਨ ਦੌਰਾਨ ਲਗਭਗ 3,69,900 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਪੱਕੀਆਂ ਅਤੇ ਅਸਥਾਈ ਖ਼ਰੀਦ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੱਲਣੀ ਚਾਹੀਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ, 17 ਫੀਸਦੀ ਨਿਰਧਾਰਤ ਨਮੀ ਦੇ ਮਾਪਦੰਡ ਅਨੁਸਾਰ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 30 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਖ਼ਰੀਦ ਸਬੰਧੀ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗਰੇਨ, ਪਨਸਪ, ਮਾਰਕਫੈੱਡ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਸਮੇਤ ਸਬੰਧਤ ਖ਼ਰੀਦ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾ ਉਪਲਬਧ ਹੈ ਅਤੇ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਹੈ ਅਤੇ ਜ਼ਿਲ੍ਹੇ ਵਿੱਚ ਕੁੱਲ 60 ਸ਼ੈਲਰ ਹਨ।

Leave a Reply

Your email address will not be published. Required fields are marked *