ਕਪੂਰਥਲਾ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡਿਅਨ ਨੇ ਸੰਭਾਲਿਆ ਅਹੁਦਾ

ਕਪੂਰਥਲਾ। ਕਪੂਰਥਲਾ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡਿਅਨ ਨੇ ਅੱਜ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ, ਆੜ੍ਹਤੀਆਂ, ਸੈਲਰ ਮਾਲਕਾਂ, ਕਿਸਾਨਾਂ ਅਤੇ ਮੰਡੀ ਨਾਲ ਜੁੜੇ ਵੱਖ-ਵੱਖ ਵਰਗਾਂ ਦੇ ਸੈਂਕੜੇ ਲੋਕਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ।

ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰਪਾਲ ਸਿੰਘ ਇੰਡਿਅਨ ਆਪਣੇ ਪਰਿਵਾਰ ਸਮੇਤ ਧਾਰਮਿਕ ਸਥਾਨ ’ਤੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਨਿਰਪੱਖਤਾ ਤੇ ਪੂਰੀ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਸ਼ੀਰਵਾਦ ਲਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਪਾਰਟੀ ਹਾਈਕਮਾਂਡ ਦਾ ਵੀ ਆਭਾਰ ਜਤਾਇਆ।

ਅਹੁਦਾ ਸੰਭਾਲਣ ਉਪਰੰਤ ਗੁਰਪਾਲ ਸਿੰਘ ਇੰਡਿਅਨ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਸੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਮੰਡੀ ਨਾਲ ਜੁੜੇ ਸਾਰੇ ਵਰਗਾਂ ਨਾਲ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਅਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਸੀ। ਕਿਸਾਨਾਂ ਦੀ ਮੰਗ ’ਤੇ ਸੜਕ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਸਬੰਧਤ ਸੜਕ ਦਾ ਨਿਰਮਾਣ ਕਾਰਜ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ।

ਇਸ ਮੌਕੇ ਆਪ ਹਲਕਾ ਇੰਚਾਰਜ਼ ਕਰਮਬੀਰ ਸਿੰਘ ਚੰਦੀ, ਕੰਵਰ ਇਕਬਾਲ ਸਿੰਘ, ਪਰਵਿੰਦਰ ਸਿੰਘ, ਕੌਂਸਲਰ ਨਰਿੰਦਰ ਸਿੰਘ ਮਨਸੂ, ਕਰਨ ਮਹਾਜਨ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਕੁਮਾਰ, ਤਰੁਣ ਬਹਿਲ, ਨਾਮਦੇਵ ਅਰੋੜਾ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਆੜ੍ਹਤੀ, ਸੈਲਰ ਮਾਲਕ ਅਤੇ ਮੰਡੀ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *