
ਫਗਵਾੜਾ, 07 ਅਕਤੂਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਐੱਸ.ਡੀ.ਐੱਮ. ਫਗਵਾੜਾ ਡਾ. ਨਵਜੋਤ ਸੁਰਮਾ ਅਤੇ ਡੀ.ਐੱਸ.ਪੀ. ਫਗਵਾੜਾ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰਿਹਾਣਾ ਜੱਟਾਂ (ਫਗਵਾੜਾ) ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਪਰਮਜੀਤ ਮਾਹੇ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸਕਤੀ ਘਟਦੀ ਹੈ, ਕਿਉਂਕਿ ਮਿੱਟੀ ਵਿਚਲੇ ਮਿੱਤਰ ਕੀੜੇ-ਮਕੌੜੇ ਅਤੇ ਜਰੂਰੀ ਪੋਸਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸਹੀ ਪ੍ਰਬੰਧਨ ਕਰਨ। ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਰੋਟਾਵੇਟਰ, ਬੇਲਰ ਆਦਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਜਾਂ ਗੱਠਾਂ ਬਣਾ ਕੇ ਸੰਭਾਲਿਆ ਜਾ ਸਕਦਾ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਖਾਦਾਂ ਦੀ ਲਾਗਤ ਘਟਦੀ ਹੈ ਅਤੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਨ੍ਹਾਂ ਮਸੀਨਾਂ ਦੀ ਖ਼ਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨ ਸਹਿਕਾਰੀ ਸਭਾਵਾਂ ਰਾਹੀਂ ਮਸ਼ੀਨਰੀ ਕਿਰਾਏ ‘ਤੇ ਵੀ ਪ੍ਰਾਪਤ ਕਰ ਸਕਦੇ ਹਨ।
ਡੀ.ਐੱਸ.ਪੀ. ਫਗਵਾੜਾ ਪਲਵਿੰਦਰ ਸਿੰਘ ਨੇ ਕਿਹਾ ਕਿ ਅੱਗ ਨਾਲ ਪੈਦਾ ਹੋਣ ਵਾਲੇ ਧੂੰਏ ਕਾਰਨ ਹਵਾ ਪ੍ਰਦੂਸਣ ਵਧਦਾ ਹੈ, ਜਿਸ ਨਾਲ ਦਮਾ, ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਨ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਬੱਚੇ, ਬਜੁਰਗ ਅਤੇ ਮਰੀਜ਼ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਸੜਕਾਂ ਤੇ ਧੂੰਏਂ ਕਾਰਨ ਦਿੱਖ ਘਟਣ ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧਦਾ ਹੈ।
ਐੱਸ.ਡੀ.ਐੱਮ. ਫਗਵਾੜਾ ਡਾ. ਨਵਜੋਤ ਸ਼ਰਮਾ ਨੇ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਹਰ ਨਾਗਰਿਕ ਦੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਇਸ ਲਈ ਕਿਸਾਨ ਵਿਭਾਗ ਨਾਲ ਸਹਿਯੋਗ ਕਰਨ ਅਤੇ ਆਪਣੇ ਪਿੰਡ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ।
ਪਿੰਡ ਦੇ ਸਰਪੰਚ ਗੁਰਸ਼ਿੰਦਰ ਸਿੰਘ ਨੇ ਕੈਂਪ ਨੂੰ ਕਾਮਯਾਬ ਕਰਨ ਵਿੱਚ ਅਹਿਮ ਤੇ ਵਿਸ਼ੇਸ਼ ਭੂਮਿਕਾ ਨਿਭਾਈ। ਕੈਂਪ ਦੌਰਾਨ ਰਾਜਵਿੰਦਰ ਕੌਰ,ਤਰਨਜੀਤ ਕੌਰ, ਪਰਮਜੀਤ ਸਿੰਘ ਸੰਘਾ, ਦਵਿੰਦਰ ਸਿੰਘ,ਸੰਜੀਵ ਪੱਭੀ, ਬਲਵੰਤ ਰਾਏ ਜੇ ਟੀ ਆਦਿ ਹਾਜਰ ਸਨ। ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਪ੍ਰਣ ਵੀ ਲਿਆ। ਇਸ ਮੌਕੇ ਅਧਿਕਾਰੀ ਤੇ ਕਰਮਚਾਰੀ, ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

