
-ਐਸ.ਡੀ.ਐਮ. ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ
-ਪੰਚਾਇਤ ਵੱਲੋਂ ਸਕੂਲੀ ਬੱਚਿਆਂ ਨੂੰ ਮੁਫ਼ਤ ਕਬੱਡੀ ਸਿਖਲਾਈ ਅਤੇ ਖੁਰਾਕ ਦਾ ਸ਼ਲਾਘਾਯੋਗ ਉਪਰਾਲਾ
ਫਗਵਾੜਾ, 9 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਢੱਕ ਪੰਡੋਰੀ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ ਜਿਸ ਵਿਚ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਸੱਦਾ ਦਿੱਤਾ ਕਿ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲੋਕ ਸਹਿਯੋਗ ਅਤਿ ਜ਼ਰੂਰੀ ਹੈ ਜਿਸ ਲਈ ਸਾਰਿਆਂ ਨੂੰ ਇੱਕਮੁੱਠ ਹੋਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਜੜ੍ਰੌਂ ਖ਼ਾਤਮਾ ਕੀਤਾ ਜਾ ਸਕੇ।

ਕੈਂਪ ਦੌਰਾਨ ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਪੱਧਰ ’ਤੇ ਗਠਿਤ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਕੇ ਉਨ੍ਹਾਂ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਐਸ.ਡੀ.ਐਮ. ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਇਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਮੁਫ਼ਤ ਕਬੱਡੀ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਖੁਰਾਕ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਪੰਚਾਇਤ, ਵਿਲੇਜ ਡਿਫੈਂਸ ਕਮੇਟੀ, ਪੁਲਿਸ ਅਤੇ ਪਿੰਡ ਵਾਸੀਆਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਨਿਗਰਾਨੀ ਅਤੇ ਸਾਂਝੇ ਯਤਨਾਂ ਰਾਹੀਂ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾਵੇਗਾ। ਇਸ ਮੌਕੇ ਰਜਨੀਸ਼ ਪ੍ਰਭਾਕਰ, ਲਖਵਿੰਦਰ ਸਿੰਘ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

