ਸੈਨਿਕ ਸਕੂਲ ਕਪੂਰਥਲਾ ਨਾਲ ਜੁੜੀ ਅਹਿਮ ਖਬਰ, ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

124ਵੀਂ ਲੋਕਲ ਬੋਰਡ ਆਫ਼ ਐਡਮਿਨਿਸਟ੍ਰੇਸ਼ਨ ਦੀ ਮੀਟਿੰਗ ਵਿੱਚ ਸਿੱਖਿਆ, ਅਨੁਸ਼ਾਸਨ ਅਤੇ ਵਿਕਾਸ ਪ੍ਰੋਜੈਕਟਾਂ ’ਤੇ ਹੋਇਆ ਵਿਚਾਰ-ਵਟਾਂਦਰਾ

ਕਪੂਰਥਲਾ, 9 ਅਕਤੂਬਰ: ਸੈਨਿਕ ਸਕੂਲ ਕਪੂਰਥਲਾ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਅਤੇ ਕੈਡਿਟਾਂ ਨੂੰ ਬਿਹਤਰ ਸਿੱਖਿਆ ਤੇ ਸਿਖਲਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸੈਨਿਕ ਸਕੂਲ ਕਪੂਰਥਲਾ ਵਿਖੇ ਲੋਕਲ ਬੋਰਡ ਆਫ਼ ਐਡਮਿਨਿਸਟ੍ਰੇਸ਼ਨ (ਐੱਲਬੀਏ) ਦੀ 124ਵੀਂ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਬੋਰਡ ਦੇ ਚੇਅਰਮੈਨ ਮੇਜਰ ਜਨਰਲ ਪੀ. ਕੇ. ਸਿੰਘ, ਐੱਸਐੱਮ ਨੇ ਕੀਤੀ। ਉਹ 11 ਕੋਰ ਹੈੱਡਕੁਆਰਟਰ ਵਿਖੇ ਚੀਫ਼ ਆਫ਼ ਸਟਾਫ਼ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਮੀਟਿੰਗ ਦੌਰਾਨ ਸਕੂਲ ਦੇ ਵਿਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ, ਕੈਡਿਟਾਂ ਵਿੱਚ ਅਨੁਸ਼ਾਸਨ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸਕੂਲ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

-ਪ੍ਰਿੰਸੀਪਲ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਦਿੱਤੀ ਜਾਣਕਾਰੀ-

ਸਕੂਲ ਦੇ ਪ੍ਰਿੰਸੀਪਲ ਅਤੇ ਬੋਰਡ ਦੇ ਮੈਂਬਰ ਸਕੱਤਰ ਗਰੁੱਪ ਕੈਪਟਨ ਆਈ. ਮਨੋਜ ਮੈਨਨ ਨੇ ਸਕੂਲ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਨੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀ ਪੜ੍ਹਾਈ, ਸਿਖਲਾਈ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੀਆਂ ਤਿਆਰੀ ਕਲਾਸਾਂ ਦੇ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਕੈਡਿਟਾਂ ਦੀ ਸਿੱਖਿਆ, ਐੱਨਸੀਸੀ ਸਿਖਲਾਈ, ਅਨੁਸ਼ਾਸਨ, ਖੇਡਾਂ, ਸਰੀਰਕ ਤੰਦਰੁਸਤੀ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਮੀਟਿੰਗ ਦੌਰਾਨ ਕੈਡਿਟਾਂ ਦੀ ਸਵੇਰ ਤੋਂ ਸ਼ਾਮ ਤੱਕ ਦੀ ਰੋਜ਼ਾਨਾ ਰੁਟੀਨ ਅਤੇ ਸਮੇਂਬੱਧ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।

-ਫੰਡਾਂ ਦੀ ਘਾਟ ਕਾਰਨ ਪ੍ਰਭਾਵਿਤ ਹੋ ਰਹੇ ਵਿਕਾਸ ਪ੍ਰੋਜੈਕਟ-

ਮੀਟਿੰਗ ਵਿੱਚ ਸਕੂਲ ਦੇ ਪ੍ਰਸਤਾਵਿਤ ਵਿਕਾਸ ਕਾਰਜਾਂ, ਇਮਾਰਤਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ’ਤੇ ਵਿਚਾਰ ਕੀਤਾ ਗਿਆ। ਇਸ ਦੌਰਾਨ ਸਾਹਮਣੇ ਆਇਆ ਕਿ ਲੋੜੀਂਦੇ ਫੰਡਾਂ ਦੀ ਘਾਟ ਕਾਰਨ ਸਕੂਲ ਦੀਆਂ ਕੁਝ ਮਹੱਤਵਪੂਰਨ ਯੋਜਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ।

ਬੋਰਡ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਕੈਡਿਟਾਂ ਨੂੰ ਬਿਹਤਰ ਵਿਦਿਅਕ, ਸਿਖਲਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਸ ਲਈ ਲੰਬਿਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਵਾਸਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਜ਼ਰੂਰੀ ਹੈ।

-ਪੰਜਾਬ ਸਰਕਾਰ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ-

ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਦੇ ਨੁਮਾਇੰਦੇ, ਬ੍ਰਿਗੇਡੀਅਰ ਭੁਪਿੰਦਰ ਐੱਸ. ਢਿੱਲੋਂ (ਸੇਵਾਮੁਕਤ), ਡਾਇਰੈਕਟਰ ਡੀਐੱਸਡਬਲਿਊ ਪੰਜਾਬ, ਓਬੀਏ ਵੱਲੋਂ ਲੈਫਟੀਨੈਂਟ ਜਨਰਲ ਗੁਰਦੀਪ ਸਿੰਘ (ਸੇਵਾਮੁਕਤ), ਸਿੱਖਿਆ ਸ਼ਾਸਤਰੀ ਬ੍ਰਿਗੇਡੀਅਰ ਐੱਚ. ਐੱਸ. ਭੰਡਾਲ (ਸੇਵਾਮੁਕਤ) ਸਮੇਤ ਬੋਰਡ ਦੇ ਹੋਰ ਮੈਂਬਰ ਵੀ ਮੌਜੂਦ ਸਨ।

ਮੀਟਿੰਗ ਦੇ ਅੰਤ ਵਿੱਚ ਚੇਅਰਮੈਨ ਮੇਜਰ ਜਨਰਲ ਪੀ. ਕੇ. ਸਿੰਘ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਉਨ੍ਹਾਂ ਦੀ ਟੀਮ ਨੂੰ ਸਕੂਲ ਦੇ ਸੁਚਾਰੂ ਸੰਚਾਲਨ ਅਤੇ ਵਿਕਾਸ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਵਾਸਤੇ ਵਧਾਈ ਦਿੱਤੀ। ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਦੇ ਉੱਚ ਪੱਧਰੀ ਉਤਸ਼ਾਹ, ਆਪਸੀ ਤਾਲਮੇਲ ਅਤੇ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚੀ ਟੀਮ ਸਕੂਲ ਦੇ ਮੂਲ ਉਦੇਸ਼ਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਲੋਕਲ ਬੋਰਡ ਆਫ਼ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਸੈਨਿਕ ਸਕੂਲ ਦੀ ਲੰਬਿਤ ਬਕਾਇਆ ਰਾਸ਼ੀ ਦਾ ਨਿਪਟਾਰਾ ਕਰਨ ਦੀ ਰਸਮੀ ਅਪੀਲ ਕੀਤੀ ਗਈ, ਤਾਂ ਜੋ ਫੰਡਾਂ ਦੀ ਘਾਟ ਕਾਰਨ ਪ੍ਰਭਾਵਿਤ ਹੋ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਕੇ ਮੁਕੰਮਲ ਕੀਤਾ ਜਾ ਸਕੇ।

Leave a Reply

Your email address will not be published. Required fields are marked *