
-ਪੰਜਾਬ ਨੂੰ ਨਸ਼ਾ ਮੁਕਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਲੋਕ ਇਕਜੁੱਟ ਹੋਣ: ਭਾਜਪਾ ਆਗੂ
-ਕਿਹਾ—ਪੰਜਾਬ ਦੀ ਜਨਤਾ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ
ਕਪੂਰਥਲਾ, 9 ਅਕਤੂਬਰ: ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਪੰਜਾਬ ਨੂੰ ਨਸ਼ਾ ਮੁਕਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਸੂਬੇ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਇਹ ਗੱਲ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਰਾਜੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਹੀ।
ਰਾਜਿੰਦਰ ਰਾਜੂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਤਰੱਕੀ ਦੀ ਦੌੜ ਵਿੱਚ ਪਛੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਨਾਲੋਂ ਵੀ ਅੱਗੇ ਨਿਕਲ ਗਈ ਹੈ ਅਤੇ ਇਸ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਦੇ ਵਿਕਾਸ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਅਤੇ ਪੰਜਾਬ ਨੂੰ ਮੁੜ ਮਜ਼ਬੂਤ ਤੇ ਵਿਕਸਤ ਸੂਬਾ ਬਣਾਉਣ ਲਈ ਵਚਨਬੱਧ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਮੁਹੱਈਆ ਕਰਵਾਉਣ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਕੰਮ ਕਰਨ ਦੇ ਵਾਅਦੇ ਕੀਤੇ ਸਨ, ਪਰ ਲੋਕ ਹੁਣ ਇਨ੍ਹਾਂ ਵਾਅਦਿਆਂ ਤੋਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਵੀ ਸੱਤਾ ਤੋਂ ਬਾਹਰ ਕਰ ਦੇਣਗੇ।
ਰਾਜਿੰਦਰ ਰਾਜੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਨੇ ਇਮਾਨਦਾਰ ਸ਼ਾਸਨ, 20 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਵਿਚਾਰਾਂ ’ਤੇ ਚੱਲਣ ਦੇ ਵਾਅਦੇ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਆਜ਼ਾਦੀ ਅਤੇ ਸੁਰੱਖਿਅਤ ਜੀਵਨ ਦੇ ਸੁਪਨੇ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਇਸ ਲਈ ਸ਼ਹੀਦਾਂ ਦੇ ਨਾਂ ’ਤੇ ਲੋਕਾਂ ਨਾਲ ਵਾਅਦੇ ਕਰਕੇ ਉਨ੍ਹਾਂ ਨੂੰ ਪੂਰਾ ਨਾ ਕਰਨਾ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨੌਜਵਾਨਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਭਵਿੱਖ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਸੀ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਿਰਫ਼ ਇੱਕ ਸੂਬਾ ਨਹੀਂ, ਸਗੋਂ ਅਮੀਰ ਸੱਭਿਆਚਾਰ, ਸ਼ਾਨਦਾਰ ਵਿਰਸੇ ਅਤੇ ਉੱਚੇ ਵਿਚਾਰਾਂ ਦੀ ਧਰਤੀ ਹੈ। ਇਹ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਪਵਿੱਤਰ ਧਰਤੀ ਹੈ। ਪੰਜਾਬ ਦੇ ਲੋਕ ਮਿਹਨਤੀ ਹਨ ਅਤੇ ਆਪਸੀ ਪਿਆਰ, ਭਾਈਚਾਰੇ ਤੇ ਸਦਭਾਵਨਾ ਨਾਲ ਜੀਵਨ ਬਤੀਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਕਰਨ ਲਈ ਇਮਾਨਦਾਰ ਅਤੇ ਵਿਕਾਸ ਪੱਖੀ ਸਰਕਾਰ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਨੂੰ ਪੰਜ ਸਾਲਾਂ ਲਈ ਸੇਵਾ ਕਰਨ ਦਾ ਮੌਕਾ ਦਿੱਤਾ ਸੀ, ਪਰ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਸਰਕਾਰ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਵਿੱਚ ਅਸਫਲ ਰਹੀ ਹੈ। ਰਾਜਿੰਦਰ ਰਾਜੂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਸਰਕਾਰ ਦੀ ਤਰਜ਼ ’ਤੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੱਤਾ ਜਾਵੇਗਾ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਆਮ ਲੋਕਾਂ ਤੱਕ ਉਨ੍ਹਾਂ ਦਾ ਲਾਭ ਪਹੁੰਚਾਇਆ ਜਾਵੇਗਾ।

